ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

Estimated read time 1 min read

ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।

  • ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ
  • ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ
  • ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ
  • ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ
  • ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ
  • ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ

ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ

You May Also Like

More From Author

+ There are no comments

Add yours